New Delhi: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਨਾਲ ਜੁੜੇ CBI ਮਾਮਲੇ ‘ਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਸੀਐਮ ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਿਆ ਗਿਆ। ਸਿੰਘਵੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ(ED) ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਤੁਰੰਤ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ, ਜਿਸ ਨੂੰ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਹ ਫਿਲਹਾਲ ਅੰਤਰਿਮ ਜ਼ਮਾਨਤ ‘ਤੇ ਵਿਚਾਰ ਨਹੀਂ ਕਰਨਗੇ। CM ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਅਦਾਲਤ ਤੋਂ ਜ਼ਮਾਨਤ ਦੀ ਵੀ ਬੇਨਤੀ ਕੀਤੀ ਸੀ। ਸੁਪਰੀਮ ਕੋਰਟ ਇਸ ਮਾਮਲੇ ‘ਚ ਜ਼ਮਾਨਤ ਦੀ ਬੇਨਤੀ ਕਰਨ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਵੀ ਵੱਖਰੇ ਤੌਰ ‘ਤੇ ਸੁਣਵਾਈ ਕਰ ਰਹੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੁਇਆਂ ਦੀ ਬੈਂਚ ਨੇ ਕੇਜਰੀਵਾਲ ਦੀਆਂ ਦੋਵੇਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ।
ਹਿੰਦੂਸਥਾਨ ਸਮਾਚਾਰ