Farmers Tractor March: ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ MSP ਤੇ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਮੇਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢਿਆ। ਸ਼ੰਭੂ ਸਰਹੱਦ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਦਸ ਦਇਏ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP)ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਸ ਲਈ ਕਿਸਾਨ ਆਗੂਆਂ ਨੇ ਖੁਦ ਮੋਰਚਾ ਸੰਭਾਲਿਆ। ਕਿਸਾਨਾਂ ਵੱਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਤੇ ਕਿਸਾਨੀ ਝੰਡਿਆਂ ਦੇ ਨਾਲ ਖਾਲਸਾਈ ਝੰਡੇ ਵੀ ਲਾਏ ਹੋਏ ਸਨ। ਇਸ ਦੇ ਨਾਲ ਹੀ ਪੁਲਸ ਵੀ ਪੂਰੀ ਮੁਸਤੈਦ ਰਹੀ। ਦੂਜੇ ਪਾਸੇ ਕਿਸਾਨ ਆਗੂਆਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸਰਵਣ ਸਿੰਘ ਪੰਧੇਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ‘ਤੇ ਗੌਰ ਨਾ ਕਰਨ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਭਾਅ ਨਹੀਂ ਮਿਲ ਰਿਹਾ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਸ਼ੰਭੂ ਅਤੇ ਖਨੌਰੀ ਵਿਖੇ ਆਪਣਾ ਧਰਨਾ ਜਾਰੀ ਰੱਖਣਗੇ। ਬਠਿੰਡਾ ਵਿੱਚ ਵੀ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ।
ਹਰਿਆਣਾ ਦੇ ਅੰਬਾਲਾ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜੋ ਬਲਾਣਾ, ਸ਼ਹਿਜ਼ਾਦਪੁਰ ਅਤੇ ਨਰਾਇਣਗੜ੍ਹ ਪਿੰਡਾਂ ਵਿੱਚੋਂ ਦੀ ਲੰਘਿਆ। ਮਾਰਚ ਦੀ ਅਗਵਾਈ ਕਿਸਾਨ ਨਵਦੀਪ ਸਿੰਘ ਨੇ ਕੀਤੀ। ਪੰਚਕੂਲਾ ਦੇ ਪਿੰਜੌਰ ਵਿੱਚ ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਆਗੂ ਤੇਜਵੀਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ।
ਦੱਸ ਦਈਏ ਕਿ 13 ਫਰਵਰੀ ਨੂੰ ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਰੋਕ ਦਿੱਤਾ ਸੀ। ਕਿਸਾਨ ਉਦੋਂ ਤੋਂ ਹੀ ਉਥੇ ਬੈਠੇ ਹਨ। ਸੁਤੰਤਰਤਾ ਦਿਵਸ ਮੌਕੇ ਸ਼ੰਭੂ ਸਰਹੱਦ ‘ਤੇ ਵੀ ਕਿਸਾਨ ਟਰੈਕਟਰ ਮਾਰਚ ਕੱਢਿਆ।