Punjab Weather Alert: ਮੌਸਮ ਵਿਭਾਗ(IMD)ਨੇ ਵੀ ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਰੂਪਨਗਰ, ਪਠਾਨਕੋਟ, ਹੁਸ਼ਿਆਰਪੁਰ ਆਦਿ ਵਿੱਚ ਅੱਜ ਭਾਰੀ ਮੀਂਹ ਪੈਅ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੈਦਾਨੀ ਇਲਾਕਿਆਂ ‘ਚ ਜਾ ਕੇ ਮੀਂਹ ਆਪਣਾ ਭਿਆਨਕ ਰੂਪ ਦਿਖਾਏਗਾ। ਹਾਲਾਂਕਿ ਮੀਂਹ ਅਜੇ ਵੀ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਬੁੱਧਵਾਰ ਨੂੰ ਲੁਧਿਆਣਾ ‘ਚ 66.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ 3.0 ਮਿਲੀਮੀਟਰ ਅਤੇ ਮੁਹਾਲੀ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਸੂਬੇ ਵਿੱਚ ਅਗਸਤ ਮਹੀਨੇ ਵਿੱਚ 82.7 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਫਿਲਹਾਲ 73.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਦੋਵਾਂ ਵਿਚਾਲੇ 11 ਫੀਸਦੀ ਦਾ ਫਰਕ ਹੈ। ਹਾਲਾਂਕਿ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਇਹ ਔਸਤ ਤਾਪਮਾਨ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ 37.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਦਿੱਲੀ ਅਤੇ ਐਨਸੀਆਰ ਖੇਤਰਾਂ ਵਿਚ ਪਿਛਲੇ 15 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 16 ਅਗਸਤ ਨੂੰ ਦਿੱਲੀ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ (ਨੋਇਡਾ) ਲਈ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ, ਜਦੋਂ ਕਿ ਗੁੜਗਾਓਂ ਅਤੇ ਫਰੀਦਾਬਾਦ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਪਹਾੜਾਂ ਵਿਚ ਪਿਛਲੇ 15 ਦਿਨਾਂ ਤੋਂ ਰਿਕਾਰਡ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਵਿਚ 140 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ ਉੱਤਰਾਖੰਡ ਦੀ ਹਾਲਤ ਵੀ ਬਹੁਤ ਖਰਾਬ ਹੈ। ਆਈਐਮਡੀ ਨੇ ਪੂਰਬੀ ਰਾਜਸਥਾਨ, ਪੱਛਮੀ ਬੰਗਾਲ ਦੇ ਗੰਗਾ ਖੇਤਰ, ਛੱਤੀਸਗੜ੍ਹ, ਤਾਮਿਲਨਾਡੂ, ਕੇਰਲ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰੀ ਭਾਰਤ ਦੇ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਦਿੱਲੀ ‘ਚ ਮੀਂਹ ਲਗਾਤਾਰ ਜਾਰੀ ਰਹੇਗਾ। ਪਹਾੜਾਂ ਵਿੱਚ ਵੀ ਇਹੀ ਸਥਿਤੀ ਰਹੇਗੀ ਅਤੇ ਉੱਤਰ ਪੂਰਬ ਵਿੱਚ ਉੱਤਰਾਖੰਡ, ਸਿੱਕਮ, ਅਸਾਮ ਅਤੇ ਮਨੀਪੁਰ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਗਸਤ ਤੱਕ ਭਾਰੀ ਬਾਰਿਸ਼ ਦਾ ਸਿਲਸਲਾ ਜਾਰੀ ਰਹਿਣ ਦੀ ਸੰਭਾਵਨਾ ਹੈ।