New Delhi: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਡਾਕਟਰਾਂ ਅਤੇ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪਾਅ ਸੁਝਾਉਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਰੈਜੀਡੈਂਟ ਮਹਿਲਾ ਡਾਕਟਰ ਨਾਲ ਸਮੂਹਿਕ ਜਬਰ ਜ਼ਨਾਹ ਕਰਕੇ ਹੱਤਿਆ ਕਰਨ ਖਿਲਾਫ ਅਤੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹੜ੍ਹਤਾਲ ’ਤੇ ਗਏ ਡਾਕਟਰਾਂ ਨੂੰ ਮੰਤਰਾਲੇ ਨੇ ਕੰਮ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ। ਡੇਂਗੂ ਅਤੇ ਮਲੇਰੀਆ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਮੰਤਰਾਲੇ ਨੇ ਅੰਦੋਲਨਕਾਰੀ ਡਾਕਟਰਾਂ ਨੂੰ ਲੋਕ ਹਿੱਤ ਵਿੱਚ ਆਪਣੇ ਕੰਮ ‘ਤੇ ਵਾਪਸ ਆਉਣ ਦੀ ਬੇਨਤੀ ਕੀਤੀ ਹੈ।
ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਰਿਲੀਜ਼ ਅਨੁਸਾਰ, ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ, ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਦਿੱਲੀ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਮੁਲਾਕਾਤ ਕੀਤੀ ਹੈ। ਐਸੋਸੀਏਸ਼ਨਾਂ ਨੇ ਕੰਮ ਵਾਲੀ ਥਾਂ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਦੇ ਸਬੰਧ ਵਿੱਚ ਆਪਣੀਆਂ ਮੰਗਾਂ ਰੱਖੀਆਂ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਡਾ ਨੇ ਨੁਮਾਇੰਦਿਆਂ ਦੀਆਂ ਮੰਗਾਂ ਸੁਣੀਆਂ ਅਤੇ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਸਰਕਾਰ ਸਥਿਤੀ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ।
ਇਹ ਦੇਖਿਆ ਗਿਆ ਕਿ 26 ਰਾਜ ਪਹਿਲਾਂ ਹੀ ਆਪਣੇ-ਆਪਣੇ ਰਾਜਾਂ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਦੀ ਸੁਰੱਖਿਆ ਲਈ ਕਾਨੂੰਨ ਪਾਸ ਕਰ ਚੁੱਕੇ ਹਨ। ਐਸੋਸੀਏਸ਼ਨਾਂ ਵੱਲੋਂ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਮੱਦੇਨਜ਼ਰ, ਮੰਤਰਾਲੇ ਨੇ ਉਨ੍ਹਾਂ ਨੂੰ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਸਾਰੇ ਸੰਭਵ ਉਪਾਵਾਂ ਦਾ ਸੁਝਾਅ ਦੇਣ ਲਈ ਇੱਕ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ। ਰਾਜ ਸਰਕਾਰਾਂ ਸਮੇਤ ਸਾਰੇ ਹਿੱਸੇਦਾਰਾਂ ਦੇ ਪ੍ਰਤੀਨਿਧਾਂ ਨੂੰ ਕਮੇਟੀ ਨਾਲ ਆਪਣੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ। ਡੇਂਗੂ ਅਤੇ ਮਲੇਰੀਆ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਮੰਤਰਾਲੇ ਨੇ ਅੰਦੋਲਨਕਾਰੀ ਡਾਕਟਰਾਂ ਨੂੰ ਵਿਆਪਕ ਜਨਤਕ ਹਿੱਤ ਵਿੱਚ ਕੰਮ ‘ਤੇ ਵਾਪਸ ਆਉਣ ਦੀ ਬੇਨਤੀ ਕੀਤੀ।
ਹਿੰਦੂਸਥਾਨ ਸਮਾਚਾਰ