New Delhi: ਰਾਸ਼ਟਰੀ ਮਹਿਲਾ ਕਮਿਸ਼ਨ ਨੇ ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਤੋਂ “ਫਰਜ਼ੀ ਐਨਸੀਸੀ ਕੈਂਪ ’ਚ 13 ਲੜਕੀਆਂ ਦਾ ਜਿਨਸੀ ਸ਼ੋਸ਼ਣ” ਸਿਰਲੇਖ ਵਾਲੀ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਬੁੱਧਵਾਰ ਨੂੰ ਡੀਜੀਪੀ ਚੇਨੱਈ ਨੂੰ ਨਿਰਪੱਖ, ਸਮਾਂਬੱਧ ਜਾਂਚ ਯਕੀਨੀ ਬਣਾਉਣ ਅਤੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਕਾਨੂੰਨਾਂ ਤਹਿਤ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਸੀਡਬਲਯੂ ਨੇ ਐਕਸ ’ਤੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਪੁਲਿਸ ਅਤੇ ਰਾਜ ਸਰਕਾਰ ਤੋਂ 3 ਦਿਨਾਂ ਦੇ ਅੰਦਰ ਵਿਸਤ੍ਰਿਤ ਕਾਰਵਾਈ ਰਿਪੋਰਟ ਮੰਗੀ ਗਈ ਹੈ।
ਤਾਮਿਲਨਾਡੂ ਪੁਲਸ ਅਨੁਸਾਰ 19 ਅਗਸਤ ਨੂੰ ਇੱਕ ਫਰਜ਼ੀ ਐਨਸੀਸੀ ਕੈਂਪ ਵਿੱਚ 13 ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ। ਜਿਨਸੀ ਸ਼ੋਸ਼ਣ ਦੇ ਇਸ ਮਾਮਲੇ ਵਿੱਚ ਤਾਮਿਲਨਾਡੂ ਪੁਲਿਸ ਨੇ ਕ੍ਰਿਸ਼ਨਾਗਿਰੀ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਦੋ ਅਧਿਆਪਕਾਂ ਅਤੇ 11 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਐਨਸੀਸੀ ਕੈਂਪ ਸਕੂਲ ਦੇ ਹੀ ਕੈਂਪਸ ਵਿੱਚ ਲਗਾਇਆ ਗਿਆ ਸੀ।
ਹਿੰਦੂਸਥਾਨ ਸਮਾਚਾਰ