Emergency Film Controversy : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗ਼ਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ਵਿੱਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿੱਚ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫ਼ਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ‘ਤੇ ਸਰਕਾਰ ਹੋਵੇਗੀ।
ਹਿੰਦੂਸਥਾਨ ਸਮਾਚਾਰ