Srinagar News: ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ‘ਚ ਗਠਜੋੜ ਹੋਵੇਗਾ ਪਰ ਨਾਲ ਹੀ ਕਿਹਾ ਕਿ ਇਹ ਕਾਂਗਰਸ ਵਰਕਰਾਂ ਅਤੇ ਨੇਤਾਵਾਂ ਦੇ ਹਿੱਤਾਂ ਦੀ ਕੀਮਤ ‘ਤੇ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਦੀ ਨੁਮਾਇੰਦਗੀ ਅਤੇ ਰਾਜ ਦਾ ਦਰਜਾ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ।
ਸ੍ਰੀਨਗਰ ਵਿੱਚ ਕਾਂਗਰਸ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਤੁਹਾਨੂੰ ਸਾਰਿਆਂ (ਵਰਕਰਾਂ) ਨੂੰ ਭਰੋਸਾ ਰੱਖਣਾ ਚਾਹੀਦਾ ਹੈ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਹਿੱਤਾਂ ਅਤੇ ਸਨਮਾਨ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਰਾਹੁਲ ਨੇ ਕਿਹਾ ਕਿ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਨੇ ਸ਼੍ਰੀਨਗਰ ‘ਚ ਵਾਜ਼ਵਾਨ ਅਤੇ ਆਈਸਕ੍ਰੀਮ ਦਾ ਸਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਆਈਸਕ੍ਰੀਮ ਦੀ ਦੁਕਾਨ ‘ਤੇ ਕੁਝ ਲੋਕਾਂ ਨੂੰ ਮਿਲਿਆ, ਜਿੱਥੇ ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਕੀ ਮੈਨੂੰ ਜੰਮੂ-ਕਸ਼ਮੀਰ ਦੇ ਲੋਕ ਪਸੰਦ ਹਨ? ਇਸ ਤੋਂ ਮੈਂ ਚਿੜ ਗਿਆ ਅਤੇ ਮੈਂ ਉਨ੍ਹਾਂ ਨੂੰ ਜਵਾਬ ਦਿੱਤਾ ਕਿ ਮੈਨੂੰ ਜੰਮੂ-ਕਸ਼ਮੀਰ ਦੇ ਲੋਕ ਪਸੰਦ ਨਹੀਂ, ਬਲਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ। ਕਸ਼ਮੀਰ ਨਾਲ ਮੇਰਾ ਪੁਰਾਣਾ ਸਬੰਧ ਹੈ। ਕਸ਼ਮੀਰ ਨਾਲ ਮੇਰਾ ਖੂਨ ਦਾ ਰਿਸ਼ਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਚੁਟਕੀ ਲੈਂਦਿਆਂ ਰਾਹੁਲ ਨੇ ਕਿਹਾ ਕਿ ਇੰਡੀਆ ਬਲਾਕ ਮੋਦੀ ਦੇ ਭਰੋਸੇ ਅਤੇ ਮਨੋਵਿਗਿਆਨ ਨੂੰ ਹਿਲਾਉਣ ‘ਚ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਹੁਣ ਪ੍ਰਧਾਨ ਮੰਤਰੀ ਮੋਦੀ ਨੂੰ ਛਾਤੀ ਫੁਲਾਉਂਦੇ ਨਹੀਂ ਦੇਖ ਸਕਦੇ। ਸਾਡੀ ਵਿਚਾਰਧਾਰਾ ਅਤੇ ਤਾਕਤ ਨੇ ਸਾਡੇ ਲਈ ਰਾਹ ਪੱਧਰਾ ਕੀਤਾ। ਅਸੀਂ ਹਿੰਸਾ ਜਾਂ ਗੈਰ-ਸੰਸਦੀ ਭਾਸ਼ਾ ਦਾ ਸਹਾਰਾ ਨਹੀਂ ਲਿਆ, ਪਰ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸੰਦੇਸ਼ ਦੇਣ ਵਿੱਚ ਕਾਮਯਾਬ ਹੋਏ ਕਿ ਉਹ ਨਹੀਂ ਹਨ, ਜੋ ਉਹ ਮਹਿਸੂਸ ਕਰਦੇ ਹਨ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਜੇਕਰ ਕਾਂਗਰਸ ਜੰਮੂ-ਕਸ਼ਮੀਰ ਵਿੱਚ ਚੋਣਾਂ ਜਿੱਤਦੀ ਹੈ ਤਾਂ ਪਾਰਟੀ ਪੂਰੇ ਭਾਰਤ ’ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕਾਂਗਰਸ ‘ਤੇ ਭਰੋਸਾ ਕਰਨਾ ਚਾਹੀਦਾ ਹੈ, ਤਾਂ ਜੋ ਅਸੀਂ ਤੁਹਾਨੂੰ ਨਿਰਾਸ਼ਾ ਅਤੇ ਮੁਸੀਬਤ ‘ਚੋਂ ਬਾਹਰ ਕੱਢ ਸਕੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 18 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਘੱਟੋ-ਘੱਟ 40 ਤੋਂ 45 ਸੀਟਾਂ ਮਿਲਣ ਦੀ ਉਮੀਦ ਹੈ। ਇਕ ਸਰਵੇ ਮੁਤਾਬਕ ਇਹ ਗੱਲ ਸਾਹਮਣੇ ਆਈ ਹੈ ਕਿ ਰਾਹੁਲ ਜੰਮੂ-ਕਸ਼ਮੀਰ ‘ਚ ਸਭ ਤੋਂ ਹਰਮਨ ਪਿਆਰੇ ਨੇਤਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜੰਮੂ-ਕਸ਼ਮੀਰ ਦੇ ਲੋਕਾਂ ਦੇ ਹੱਕਾਂ ਦੀ ਬਹਾਲੀ ਲਈ ਲੜੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੀ ਜ਼ਮੀਨ, ਜੰਗਲ ਅਤੇ ਖੋਹੇ ਹੋਏ ਹੱਕਾਂ ਲਈ ਲੜਾਂਗੇ।
ਹਿੰਦੂਸਥਾਨ ਸਮਾਚਾਰ