Talwandi sabo: ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318ਵੇਂ ਸੰਪੂਰਨਤਾ ਦਿਵਸ ਸਮਾਗਮ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਰਸਮੀ ਤੌਰ ’ਤੇ ਸ਼ੁਰੂ ਹੋ ਗਏ। ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ।
ਮੁੱਖ ਸਮਾਗਮ 29 ਅਗਸਤ ਨੂੰ ਹੋਣਗੇ, ਜਿਨ੍ਹਾ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਜੋੜਨਗੇ ਜਦੋਂਕਿ ਸਮਾਗਮਾਂ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਉੱਚ ਧਾਰਮਿਕ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਸੰਪੂਰਨਤਾ ਦਿਵਸ ਸਮਾਗਮਾਂ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਰਿਹਾਇਸ਼ ਅਤੇ ਲੰਗਰਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਹਿੰਦੂਸਥਾਨ ਸਮਾਚਾਰ