New Delhi: ਭਾਰਤੀ ਮੌਸਮ ਵਿਭਾਗ ਨੇ ਅੱਜ ਦੇਸ਼ ਦੇ 22 ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੌਰਾਨ ਦਿੱਲੀ-ਐਨਸੀਆਰ ਦੇ ਵੱਡੇ ਹਿੱਸੇ ਵਿੱਚ ਬੱਦਲ ਛਾਏ ਹੋਏ ਹਨ। ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਤੇਜ਼ ਅਤੇ ਕੁਝ ਥਾਵਾਂ ‘ਤੇ ਹੌਲੀ-ਹੌਲੀ ਬਾਰਿਸ਼ ਹੋਈ। ਰਾਤ ਨੂੰ ਵੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਵਿਭਾਗ ਮੁਤਾਬਕ ਦਿੱਲੀ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਸੌਰਾਸ਼ਟਰ ‘ਚ ਵੱਖ-ਵੱਖ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਵੇਗੀ। ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ ਸਮੇਤ ਉੱਤਰ-ਪੱਛਮ ਤੋਂ ਲੈ ਕੇ ਪੱਛਮੀ, ਮੱਧ ਅਤੇ ਉੱਤਰ-ਪੂਰਬੀ ਭਾਰਤ ‘ਚ ਭਾਰੀ ਮੀਂਹ ਪੈ ਰਿਹਾ ਹੈ। ਲਗਭਗ ਪੂਰਾ ਗੁਜਰਾਤ ਅਤੇ ਪੱਛਮੀ ਰਾਜਸਥਾਨ ਹੜ੍ਹ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਦੋਵਾਂ ਰਾਜਾਂ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ।
ਗੁਜਰਾਤ ‘ਚ 7 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ ਅਤੇ 15,000 ਤੋਂ ਵੱਧ ਲੋਕਾਂ ਨੂੰ ਨੀਵੇਂ ਇਲਾਕਿਆਂ ‘ਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੱਛਮੀ ਰਾਜਸਥਾਨ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਅਤੇ ਵੀਰਵਾਰ ਨੂੰ ਪੱਛਮੀ ਰਾਜਸਥਾਨ, ਕੇਰਲ ਅਤੇ ਓਡੀਸ਼ਾ ਵਿੱਚ ਬਾਰਿਸ਼ ਦੇ ਸਬੰਧ ਵਿੱਚ ਇੱਕ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਓਡੀਸ਼ਾ ਦੇ ਕੁਝ ਖੇਤਰ, ਮਹਾਰਾਸ਼ਟਰ, ਗੋਆ, ਕਰਨਾਟਕ, ਕੇਰਲ ਦੇ ਜ਼ਿਆਦਾਤਰ ਹਿੱਸਿਆਂ ਅਤੇ ਸਾਰੇ ਉੱਤਰ-ਪੂਰਬੀ ਰਾਜਾਂ ਸਮੇਤ 22 ਰਾਜਾਂ ’ਚ ਬੁੱਧਵਾਰ ਨੂੰ ਅਤੇ 10 ਰਾਜਾਂ ’ਚ ਵੀਰਵਾਰ ਨੂੰ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਹੈ।
ਹਿੰਦੂਸਥਾਨ ਸਮਾਚਾਰ