Boothgarh News: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ ਨੇੜੇ-ਤੇੜੇ ਘਰ-ਘਰ ਜਾ ਕੇ ਜਿਥੇ ਜਾਂਚ ਕਰਦੀਆਂ ਹਨ, ਉਥੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾਂਦਾ ਹੈ। ਬੀਤੇ ਦਿਨੀਂ ਓਮੈਕਸ ਸਿਟੀ ਵਿਚ ਡੇਂਗੂ ਦਾ ਕੇਸ ਨਿਕਲਣ ’ਤੇ ਸਿਹਤ ਟੀਮਾਂ ਨੇ ਮਰੀਜ਼ ਦੇ ਘਰ ਜਾ ਕੇ ਫ਼ਰਿੱਜ, ਗਮਲੇ ਅਤੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਅਤੇ ਛੱਤ ਉਪਰ ਸਪਰੇਅ ਵੀ ਕੀਤੀ। ਐਸ.ਐਮ.ਓ. ਨੇ ਦਸਿਆ ਕਿ ਸਬੰਧਤ ਮਰੀਜ਼ ਦੀ ਹਾਲਤ ਹੁਣ ਬਿਲਕੁਲ ਠੀਕ ਹੈ।
ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਤਿੰਦਰ ਸਿੰਘ, ਰਘਬੀਰ ਸਿੰਘ ਤੇ ਹਰਜੀਤ ਸਿੰਘ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ