Doda, Punjab: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਪਿੰਡ ਭਲਾਈਆਣਾ ਵਿਖੇ ਪਹੁੰਚੀ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੋਰ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ਇਸ ਮੌਕੇ ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਭੇਜੇ ਜਾ ਰਹੇ ਰਾਸ਼ਨ ਦਾ ਮੁੱਦਾ ਉਠਾਇਆ ਤੇ ਕਿਹਾ ਕਿ ਇਹ ਰਾਸ਼ਨ ਪ੍ਰਾਈਵੇਟ ਕੰਪਨੀਆਂ ਵੱਲੋਂ ਭੇਜਿਆ ਜਾ ਰਿਹਾ ਹੈ ਜੋ ਬੇਹੱਦ ਖਰਾਬ, ਮਾੜਾ ਅਤੇ ਉੱਲੀ ਲੱਗੀ ਵਾਲਾ ਹੈ ਤੇ ਲਾਭਪਾਤਰੀਆਂ ਦੀ ਸਿਹਤ ਨਾਲ ਖਿਲਵਾੜ ਹੈ। ਇਹ ਰਾਸ਼ਨ ਬੰਦ ਕਰਕੇ ਸਰਕਾਰੀ ਅਦਾਰਿਆਂ ਵੇਰਕਾ ਅਤੇ ਮਾਰਕਫੈਡ ਰਾਹੀਂ ਭੇਜਿਆ ਜਾਵੇ । ਉਹਨਾਂ ਕਿਹਾ ਕਿ ਇਹ ਕਰੋੜਾਂ ਰੁਪਏ ਦਾ ਘਪਲਾ ਹੈ ਤੇ ਇਸ ਦੀ ਜਾਂਚ ਪੜਤਾਲ ਕਰਵਾਈ ਜਾਵੇ।
ਆਗੂਆਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ ਬੱਚੇ ਜੋ ਸਕੂਲਾਂ ਵਿੱਚ ਬਿਠਾਏ ਹਨ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾਵੇ , ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ। ਯੂਨੀਅਨ ਆਗੂਆਂ ਦੀ ਗੱਲ ਸੁਨਣ ਤੋਂ ਬਾਅਦ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਉਹਨਾਂ ਦਾ ਇਹ ਸਭ ਮਸਲਾ ਮੁੱਖ ਮੰਤਰੀ ਤੱਕ ਪਹੁੰਚਾਉਣਗੇ।
ਹਿੰਦੂਸਥਾਨ ਸਮਾਚਾਰ