New Delhi: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਟਾਈਟਲਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕਰਨ ਦੇ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਮਨੂ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 2009 ਵਿੱਚ ਸਹਿ ਮੁਲਜ਼ਮ ਸੁਰੇਸ਼ ਕੁਮਾਰ ਪਾਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ। ਮਨੂ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ? ਇਸ ਤੋਂ ਪਹਿਲਾਂ ਮਨੂ ਸ਼ਰਮਾ ਨੇ ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਬਰੀ ਕਰਨ ਦੀ ਮੰਗ ਕੀਤੀ ਸੀ। ਅਦਾਲਤ ਵਿੱਚ ਜਗਦੀਸ਼ ਟਾਈਟਲਰ ਦੀ ਤਰਫੋਂ ਗੁਰਪਤਵੰਤ ਪੰਨੂ ਦਾ ਨਾਮ ਲੈਂਦਿਆਂ ਕਿਹਾ ਗਿਆ ਸੀ ਕਿ ਕਿਉਂਕਿ ਪੰਨੂ ਗਵਾਹਾਂ ਦਾ ਵਕੀਲ ਸੀ ਅਤੇ ਉਸਨੂੰ ਭਾਰਤ ਵੱਲੋਂ ਅੱਤਵਾਦੀ ਐਲਾਨਿਆ ਗਿਆ ਸੀ, ਅਜਿਹੇ ’ਚ ਜਗਦੀਸ਼ ਟਾਈਟਲਰ ਵਿਰੁੱਧ ਕੇਸ ਚਲਾਉਣ ਦੀ ਕੋਈ ਤੁਕ ਨਹੀਂ ਬਣਦੀ ਅਤੇ ਉਸਨੂੰ ਇਸ ਮਾਮਲੇ ’ਚ ਬਰੀ ਕੀਤਾ ਜਾਣਾ ਚਾਹੀਦਾ।
ਇਸ ਮਾਮਲੇ ‘ਚ ਸੀਬੀਆਈ ਨੇ 16 ਅਪ੍ਰੈਲ ਨੂੰ ਦੋਸ਼ ਤੈਅ ਕਰਨ ‘ਤੇ ਦਲੀਲਾਂ ਪੂਰੀਆਂ ਕਰ ਲਈਆਂ ਸਨ। 4 ਅਗਸਤ 2023 ਨੂੰ ਰਾਊਜ਼ ਐਵੇਨਿਊ ਦੀ ਸੈਸ਼ਨ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ 26 ਜੁਲਾਈ 2023 ਨੂੰ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 109 ਅਤੇ 302 ਤਹਿਤ ਕੇਸ ਲਗਾਇਆ ਹੈ। ਸੀਬੀਆਈ ਮੁਤਾਬਕ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਭੀੜ ਨੇ ਪੁਲਬੰਗਸ਼ ਦੇ ਗੁਰਦੁਆਰੇ ਵਿੱਚ ਅੱਗ ਲਗਾ ਦਿੱਤੀ ਸੀ।
ਹਿੰਦੂਸਥਾਨ ਸਮਾਚਾਰ