Chandigarh News: ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਚੰਡੀਗੜ੍ਹ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ ਮੋਰਚਾ ਖੋਲ੍ਹਿਆ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਬੀਤੇ ਰੋਜ਼ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੱਡੇ ਇਕੱਠ ਕੀਤੇ। ਸੰਯੁਕਤ ਕਿਸਾਨ ਮੋਰਚਾ (SKS) ਦੇ ਬੈਨਰ ਹੇਠ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ 2 ਸਤੰਬਰ ਨੂੰ ਚੰਡੀਗੜ੍ਹ ਵਿਚ ਮਹਾਪੰਚਾਇਤ ਕੀਤੀ। ਕਿਸਾਨਾਂ ਨੇ ਪੰਜਾਬ ਦੇ ਪਾਣੀ ਤੇ ਖੇਤੀ ਸੰਕਟ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਖੇਤੀ ਨੀਤੀ ਨੂੰ ਲੈ ਕੇ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਲਗਾਇਆ ਗਿਆ। SKS ਵੱਲੋਂ ਵੀ ਸੈਕਟਰ-34 ਵਿੱਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਹਮਣੇ ਗਰਾਊਂਡ ’ਚ ਕਿਸਾਨ ਮਹਾਪੰਚਾਇਤ ਕੀਤੀ ਗਈ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ, ਮਜ਼ਦੂਰ, ਬੀਬੀਆਂ ਤੇ ਬਜ਼ੁਰਗ ਪਹੁੰਚੇ, ਜਿਨ੍ਹਾਂ ਨੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਏਕੇ ਦਾ ਹੋਕਾ ਦਿੱਤਾ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।