Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਪੁੱਜੀ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।
ਦੇਖੋ ਤਸਵੀਰਾੰ ਰਾਹੀਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦੀਆਂ ਕੁਜ ਝਲਕੀਆਂ