Punjab Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ ਅੱਜ (ਬੁੱਧਵਾਰ) ਨੂੰ 4 ਬਿੱਲਾਂ ਨੂੰ ਪ੍ਰਵਾਨਗੀ ਲਈ ਸਦਨ ਵਿੱਚ ਰੱਖਿਆ ਜਾਵੇਗਾ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ।
ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਦਨ ਨੂੰ ਵਧਾਉਣ ਦੀ ਮੰਗ ਵੀ ਕਰਨਗੀਆਂ। ਵਿਰੋਧੀ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲੇਗਾ। ਮਾਨਸੂਨ ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਵਿਧਾਨ ਸਭਾ ਦੇ ਦੂਜੇ ਦਿਨ ਮਾਨ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਦਿੱਤੀ ਗਈ ਵੱਡੀ ਰਾਹਤ
ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕੀਤਾ ਗਿਆ। ਇਸ ਬਿੱਲ ਤਹਿਕ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਦਿੱਤੀ ਗਈ। ਇਸ ਬਿੱਲ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿਖੇਧੀ ਕੀਤੀ, ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ, ਪਰ ਇਹਨਾਂ ਸੋਧਾਂ ਨੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਮੁੱਖ ਤੌਰ ’ਤੇ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦਾ ਹੀ ਪੱਖ ਪੂਰਿਆ। ਅਜਿਹੀਆਂ ਮਾੜੀਆਂ ਨੀਤੀਆਂ ਬਦੌਲਤ ਅੱਜ ਰਾਜ ਭਰ ’ਚ ਲਗਭਗ 14,000 ਗੈਰ-ਕਾਨੂੰਨੀ ਕਲੋਨੀਆਂ ਹਨ।
ਹਿੰਦੂਸਥਾਨ ਸਮਾਚਾਰ