New Delhi: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦਾ ਫੈਸਲਾ 10 ਸਤੰਬਰ 2024 ਨੂੰ ਆਵੇਗਾ। ਕੇਜਰੀਵਾਲ ਨੇ CBI ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਤੋਂ ਰਾਹਤ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਨੇ ਕੀਤੀ। ਦਿਨ ਭਰ ਦੋਵਾਂ ਧਿਰਾਂ ਵੱਲੋਂ ਬਹਿਸ ਕੀਤੀ ਗਈ। ਸੁਪਰੀਮ ਕੋਰਟ ਨੇ ਵਾਰ-ਵਾਰ ਜ਼ਿਕਰ ਕੀਤਾ ਹੈ ਕਿ ਜ਼ਮਾਨਤ ਦੇ ਕੇਸ ਵਿੱਚ ਬਹੁਤ ਸਮਾਂ ਲੱਗਦਾ ਹੈ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਸੀਬੀਆਈ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਸਕੇਗਾ। ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ. ਕਵਿਤਾ, ਵਿਜੇ ਨਾਇਰ, ਜੋ ‘ਆਪ’ ਦੇ ਸੰਚਾਰ ਦੇ ਇੰਚਾਰਜ ਸਨ, ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਇਨ੍ਹਾਂ ਸਾਰੇ ਨੇਤਾਵਾਂ ਨੂੰ ਰਾਹਤ ਦਿੱਤੀ ਹੈ।