Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਇਆ ਗਿਆ ਹੈ। ਪੰਜਾਬ ਕੈਬਨਿਟ ਮੰਤਰੀ ਮੰਡਲ ਵੱਲੋਂ ਬੀਤੇ ਦਿਨ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਕ੍ਰਮਵਾਰ 61 ਪੈਸੇ ਅਤੇ 92 ਪੈਸੇ ਪ੍ਰਤੀ ਲੀਟਰ ਵਧਾਉਣ ਦਾ ਫੈਸਲਾ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਸਮੇਂ ਮੁਹਾਲੀ ਵਿੱਚ ਪੈਟਰੋਲ ਦੀ ਪ੍ਰਚੂਨ ਕੀਮਤ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.21 ਰੁਪਏ ਪ੍ਰਤੀ ਲੀਟਰ ਹੈ। ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਪਹਿਲਾਂ ਹੀ ਚੰਡੀਗੜ੍ਹ ਨਾਲੋਂ ਵੱਧ ਹੈ। ਹੁਣ ਵੈਟ ਵਧਣ ਤੋਂ ਬਾਅਦ ਪੈਟਰੋਲ 97.62 ਰੁਪਏ ਅਤੇ ਡੀਜ਼ਲ 88.13 ਰੁਪਏ ਮਹਿੰਗਾ ਹੋ ਜਾਵੇਗਾ।
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 94.24 ਰੁਪਏ ਅਤੇ 82.40 ਰੁਪਏ ਪ੍ਰਤੀ ਲੀਟਰ ਹਨ। ਪੈਟਰੋਲ ਪੰਪ ਮਾਲਕਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਦਾ ਉਨ੍ਹਾਂ ਦੇ ਕਾਰੋਬਾਰ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਇਆਂ ਹਨ।
ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣ ਬਾਰੇ ਕਿਹਾ ਕਿ ਈਂਧਨ ‘ਤੇ ਵੈਟ ਵਧਾਉਣ ਨਾਲ ਡੀਜ਼ਲ ਤੋਂ 395 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਦਾ ਮਾਲੀਆ ਵਧੇਗਾ।