Mohali News: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਅਤੇ ਪੈਟਰੋਲ ਡੀਜ਼ਲ ਦੇ ਰੇਟਾਂ ਵਿੱਚ ਕੀਤੇ ਵਾਧੇ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਦਿੱਤਾ ਤੋਹਫਾ ਗਰਦਾਨਦਿਆਂ ਆਮ ਆਦਮੀ ਪਾਰਟੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਲੋਕ ਵਿਰੋਧੀ ਫੈਸਲਾ ਕਰਕੇ ਪੰਜਾਬ ਦੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ।
ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਲੋਕ ਹਿੱਤ ਵਿੱਚ ਫੈਸਲੇ ਕੀਤੇ ਅਤੇ ਕਰਮਚਾਰੀਆਂ ਨੂੰ ਵੀ ਪੂਰਾ ਮਾਨ ਸਨਮਾਨ ਦਿੱਤਾ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਢਾਈ ਸਾਲਾਂ ਦੇ ਰਾਜ ਦੌਰਾਨ ਹੀ ਲਗਾਤਾਰ ਕਰਮਚਾਰੀਆਂ ਵੱਲੋਂ ਵੀ ਧਰਨੇ ਲੱਗ ਰਹੇ ਹਨ। ਅਤੇ ਆਮ ਲੋਕਾਂ ਦਾ ਮੋਹ ਵੀ ਇਸ ਪਾਰਟੀ ਤੋਂ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ। ਉਹਨਾਂ ਕਿਹਾ ਕਿ ਰਹਿੰਦੀ ਖੁੰਦੀ ਕਸਰ ਆਮ ਆਦਮੀ ਪਾਰਟੀ ਸਰਕਾਰ ਨੇ ਬਿਜਲੀ ਦੇ ਰੇਟ ਤਿੰਨ ਰੁਪਏ ਪ੍ਰਤੀ ਯੂਨਿਟ ਅਤੇ ਪੈਟਰੋਲ ਅਤੇ ਡੀਜ਼ਲ ਉੱਤੇ ਕ੍ਰਮਵਾਰ 61 ਪੈਸੇ ਅਤੇ 92 ਪੈਸੇ ਪ੍ਰਤੀ ਲੀਟਰ ਵੈਟ ਵਧਾ ਕੇ ਪੂਰੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਮਹਿੰਗਾਈ ਵਿੱਚ ਵਾਧਾ ਹੋਵੇਗਾ ਅਤੇ ਆਮ ਲੋਕਾਂ ਦੀਆਂ ਜੇਬਾਂ ਉੱਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਡਾਕਾ ਮਾਰਨ ਦੀ ਤਿਆਰੀ ਕੀਤੀ ਗਈ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਕਠਪੁਤਲੀ ਸਰਕਾਰ ਹੈ ਜੋ ਦਿੱਲੀ ਦੇ ਇਸ਼ਾਰਿਆਂ ਤੇ ਕੰਮ ਕਰਦੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਇਕਲੋਤੀ ਅਜਿਹੀ ਪਾਰਟੀ ਹੈ ਜੋ ਖੇਤਰੀ ਪਾਰਟੀ ਹੈ ਅਤੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਹੱਕ ਵਿੱਚ ਹਾਅ ਦਾ ਨਾਰਾ ਮਾਰਦੀ ਹੈ ਅਤੇ ਲੋਕਾਂ ਦੇ ਹੱਕ ਵਿੱਚ ਫੈਸਲੇ ਲੈਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੇ ਅਜਿਹੇ ਮਾਰੂ ਫੈਸਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਤੋਂ ਅਜਿਹੇ ਲੋਕ ਵਿਰੋਧੀ ਫੈਸਲਿਆਂ ਦਾ ਡੱਟ ਕੇ ਬਦਲਾ ਲੈਣਗੇ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਲੋਕਾਂ ਨੂੰ ਰਾਹਤ ਦੇਵੇ।
ਹਿੰਦੂਸਥਾਨ ਸਮਾਚਾਰ