Faridkot News: ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਨੇ NIA ਦੇ ਪੰਜਾਬ ਚ ਛਾਪੇਮਾਰੀ ਖਿਲਾਫ ਜ਼ੋਰਦਾਰ ਮੁਜਾਹਰੇ ਕੀਤੇ। ਇਸ ਦੇ ਤਹਿਤ ਸੰਯੁਕਤ ਕਿਸਾਨ ਮੋਰਚਾ ਫ਼ਰੀਦਕੋਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸ਼ਹਿਰ ਵਿਚ ਰੋਸ ਮੁਜਾਹਰਾ ਕੀਤਾ ਗਿਆ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਐਨਆਈਏ ਨੇ ਚੰਡੀਗੜ੍ਹ ਤੇ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਵਕੀਲ ਅਜੇ ਸਿੰਗਲ ਨੂੰ ਗ੍ਰਿਫਤਾਰ ਕੀਤਾ ਹੈ ਤੇ ਕਈ ਵਿਅਕਤੀਆਂ ਨੂੰ ਲਖਨਊ ਐਨਆਈਏ ਦੇ ਦਫਤਰ ਪੇਸ਼ ਹੋਣ ਲਈ ਨੋਟਿਸ ਦਿੱਤਾ ਹੈ । ਇਹ ਸਾਰੀ ਕਾਰਵਾਈ ਉੱਤਰ ਪ੍ਰਦੇਸ਼ ਵਿਚ ਦਰਜ਼ ਇੱਕ ਸਾਲ ਪੁਰਾਣੇ ਕੇਸ ਵਿੱਚ ਕੀਤੀ ਹੈ। ਉਸ ਕੇਸ ਵਿੱਚ ਅਮਨ ਨਾਮ ਦੇ ਵਿਅਕਤੀ ਨੂੰ ਉਰਫ ਬਣਾ ਕੇ ਅਜੇ ਸਿੰਗਲ ਦਾ ਨਾਮ ਜੋੜ ਦਿੱਤਾ ਹੈ, ਜਿਹੜਾ ਕਿਸੇ ਤਰੀਕੇ ਨਾਲ ਜਾਇਜ਼ ਨਹੀਂ ਹੈ। ਐਨਆਈਏ ਨੇ ਵੱਡੀ ਗਿਣਤੀ ਵਿੱਚ ਘਰਾਂ ਵਿੱਚ ਛਾਪੇਮਾਰੀ ਕਰਕੇ ਦਹਿਸ਼ਤ ਪਾਉਣ ਦੀ ਕੋਸ਼ਿਸ਼ ਕੀਤੀ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਕਿੰਗਰਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਨੀਤ ਸਿੰਘ ਅਤੇ ਸੁਖਬੀਰ ਨੇ ਮੰਗ ਕੀਤੀ ਹੈ ਕਿ ਐਨਆਈਏ ਨੂੰ ਤੁਰੰਤ ਖਤਮ ਕੀਤਾ ਜਾਵੇ ਤਾਂ ਕਿ ਸੂਬੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ, ਗਿਰਫਤਾਰ ਵਿਅਕਤੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ, ਤੇ ਪੁੱਛਗਿਛ ਲਈ ਬੁਲਾਏ ਗਏ ਵਿਅਕਤੀਆਂ ਨੂੰ ਭੇਜੇ ਨੋਟਿਸਾਂ ਤੇ ਤੁਰੰਤ ਰੋਕ ਲਾਈ ਜਾਵੇ। ਅੱਗੇ ਤੋਂ ਕਿਸੇ ਵੀ ਕੇਂਦਰੀ ਏਜੰਸੀ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਸਿੱਧੇ ਦਾਖਲੇ ਤੇ ਪਾਬੰਦੀ ਲਾਈ ਜਾਵੇ।
ਹਿਦੂਸਥਾਨ ਸਮਾਚਾਰ