Chandigarh News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੂਬੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਰਾਜਪਾਲ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਉਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਾਣਨਗੇ। ਇਸ ਤੋਂ ਪਹਿਲਾਂ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਉੱਥੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਸਨ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਤਕਾਲੀ ਰਾਜਪਾਲ ਪੁਰੋਹਿਤ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ।
ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਸਭ ਤੋਂ ਵੱਡੀ ਸਮੱਸਿਆ ਹੈ। ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਪਿੰਡ ਪੱਧਰ ’ਤੇ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਸੀ। ਇਹ ਕਮੇਟੀਆਂ ਪਿੰਡਾਂ ਵਿੱਚ ਵਿਕਣ ਵਾਲੇ ਨਸ਼ਿਆਂ, ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੰਦੀਆਂ ਸਨ। ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਕਾਰਜਕਾਲ ਦੌਰਾਨ 6 ਸਰਹੱਦੀ ਦੌਰੇ ਕੀਤੇ ਸਨ।
ਪੰਜਾਬ ਦੇ ਗਵਰਨਰ ਹਾਊਸ ਵੱਲੋਂ ਸ਼ਨੀਵਾਰ ਨੂੰ ਜਾਰੀ ਪ੍ਰੋਗਰਾਮ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 29 ਸਤੰਬਰ ਤੱਕ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਜਿਸ ਤੋਂ ਬਾਅਦ ਸਰਹੱਦੀ ਇਲਾਕਿਆਂ ‘ਚ ਪਹੁੰਚ ਕੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਹਿੰਦੂਸਥਾਨ ਸਮਾਚਾਰ