Chandigarh News: ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋਣ ਦੇ ਬਾਵਜੂਦ ਅੱਜ ਸਵੇਰੇ ਸਵੇਰੇ ਪੈ ਰਹੇ ਮੀਂਹ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ। ਮੋਹਾਲੀ, ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਘੱਟ ਪੈਣ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ।ਤਾਪਮਾਨ ਵਧਣ ਨਾਲ ਨਮੀ ਘੱਟ ਗਈ ਹੈ। ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।ਰੂਪਨਗਰ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੋਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲ਼ਾ ਅਤੇ ਮੋਹਾਲੀ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਦਾ ਬਾਕੀ ਹਿੱਸਾ ਸੁੱਕਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ ਪੈਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ