Kolkata News: ਸੁਪਰੀਮ ਕੋਰਟ ਵੱਲੋਂ ਮੰਗਲਵਾਰ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਪਰਤਣ ਦੀ ਸਮਾਂ ਸੀਮਾ ਤੈਅ ਕੀਤੇ ਜਾਣ ਦੇ ਬਾਵਜੂਦ ਆਰਜੀ ਕਰ ਕਾਂਡ ਵਿਰੁੱਧ ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ ਹੈ। ਉਨ੍ਹਾਂ ਦੇ ਰੁਖ ਨੂੰ ਦੇਖਦਿਆਂ ਫਿਲਹਾਲ ਹੜਤਾਲ ਖਤਮ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ।
ਸੋਮਵਾਰ ਨੂੰ ਸੀਜੇਆਈ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਹੁਕਮ ਦਿੱਤਾ ਸੀ ਕਿ ਆਰਜੀ ਕਰ ’ਚ ਜਬਰ ਜ਼ਨਾਹ-ਕਤਲ ਦਾ ਵਿਰੋਧ ਕਰ ਰਹੇ ਪੱਛਮੀ ਬੰਗਾਲ ਦੇ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ਮੁੜ ਸ਼ੁਰੂ ਕਰਨੀ ਪਵੇਗੀ। ਨਹੀਂ ਤਾਂ ਰਾਜ ਸਰਕਾਰ ਨੂੰ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।
ਅਦਾਲਤ ਦੇ ਇਸ ਹੁਕਮ ਤੋਂ ਬਾਅਦ ਵਿਰੋਧ ਕਰ ਰਹੇ ਜੂਨੀਅਰ ਡਾਕਟਰਾਂ ਨੇ ਕਈ ਵਾਰ ਮੀਟਿੰਗਾਂ ਕੀਤੀਆਂ ਹਨ। ਇਸ ਸਬੰਧੀ ਆਖਰੀ ਮੀਟਿੰਗ ਸੋਮਵਾਰ ਸ਼ਾਮ ਹੋਈ, ਜਿਸ ਵਿੱਚ ਪ੍ਰਦਰਸ਼ਨ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਮੰਗਲਵਾਰ ਨੂੰ ਅੰਤਿਮ ਫੈਸਲਾ ਲਿਆ ਜਾਵੇਗਾ। ਆਰਜੀ ਕਰ ਦੇ ਇੱਕ ਸੂਤਰ ਨੇ ਦੱਸਿਆ ਕਿ ਪ੍ਰਦਰਸ਼ਨ ਵਿੱਚ ਸ਼ਾਮਲ ਲਗਭਗ ਚਾਰ ਹਜ਼ਾਰ ਡਾਕਟਰਾਂ ਵਿਚਕਾਰ ਇੱਕ ਆਨਲਾਈਨ ਪੋਲਿੰਗ ਕਰਵਾਈ ਗਈ ਸੀ, ਜਿਸ ਵਿੱਚ ਇਹ ਪੁੱਛਿਆ ਗਿਆ ਕਿ ਕੀ ਪ੍ਰਦਰਸ਼ਨ ਖਤਮ ਕੀਤਾ ਜਾਵੇ ਜਾਂ ਜਾਰੀ ਰੱਖਿਆ ਜਾਵੇ। 3900 ਦੇ ਕਰੀਬ ਡਾਕਟਰਾਂ ਨੇ ਪ੍ਰਦਰਸ਼ਨ ਜਾਰੀ ਰੱਖਣ ਦੇ ਹੱਕ ਵਿੱਚ ਆਪਣੀ ਰਾਏ ਦਿੱਤੀ ਹੈ। ਇਸ ਤੋਂ ਬਾਅਦ ਹੁਣ ਇਹ ਫੈਸਲਾ ਕੀਤਾ ਗਿਆ ਕਿ ਪ੍ਰਦਰਸ਼ਨ ਜਾਰੀ ਰਹੇਗਾ।
ਦਿਲਚਸਪ ਗੱਲ ਇਹ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਬੰਗਾਲ ਚੈਪਟਰ ਨੇ ਵੀ ਵਿਰੋਧ ਕਰ ਰਹੇ ਡਾਕਟਰਾਂ ਦਾ ਸਮਰਥਨ ਕੀਤਾ ਹੈ ਅਤੇ ਸੀਜੇਆਈ ਨੂੰ ਪੱਤਰ ਲਿਖ ਕੇ ਜਾਂਚ ਦੀ ਸੁਸਤ ਰਫ਼ਤਾਰ ਅਤੇ ਸੁਣਵਾਈ ਨਹੀਂ ਹੋਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਨ੍ਹਾਂ ਡਾਕਟਰਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਜੂਨੀਅਰ ਡਾਕਟਰਾਂ ਦੇ ਪ੍ਰਦਰਸ਼ਨ ਦੇ ਨਾਲ ਹਨ। ਅਜਿਹੇ ਸੰਕੇਤ ਵੀ ਮਿਲ ਰਹੇ ਹਨ ਕਿ ਜੇਕਰ ਡਾਕਟਰਾਂ ਖਿਲਾਫ ਕਿਸੇ ਤਰ੍ਹਾਂ ਦੀ ਸਖਤੀ ਕੀਤੀ ਗਈ ਤਾਂ ਸੀਨੀਅਰ ਡਾਕਟਰ ਵੀ ਕੰਮ ਬੰਦ ਕਰ ਸਕਦੇ ਹਨ। ਇਸ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਹੜਤਾਲ ਖ਼ਤਮ ਹੁੰਦੀ ਨਜ਼ਰ ਨਹੀਂ ਆ ਰਹੀ।
ਹਿੰਦੂਸਥਾਨ ਸਮਾਚਾਰ