New Delhi: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਦਿੱਲੀ ਵਿੱਚ ਇਸ ਮਹੀਨੇ ਸਤੰਬਰ ਵਿੱਚ ਹੁਣ ਤੱਕ 10 ਦਿਨ ਮੀਂਹ ਪੈ ਚੁੱਕਾ ਹੈ। ਇਸ ਕਾਰਨ ਤਾਪਮਾਨ ਹੇਠਾਂ ਆ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ (32.6) ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ (23.0) ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਦਿੱਲੀ-ਐਨਸੀਆਰ ਵਿੱਚ ਅੱਜ ਅਤੇ ਕੱਲ੍ਹ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ। ਅਜਿਹਾ ਮਾਨਸੂਨ ਦੇ ਦਿੱਲੀ ਦੇ ਨੇੜੇ ਹੋਣ ਕਾਰਨ ਹੋਵੇਗਾ। ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ 19 ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਗਿਆਨੀਆਂ ਮੁਤਾਬਕ ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 15 ਸਤੰਬਰ ਤੱਕ ਬੱਦਲ ਮਿਹਰਬਾਨ ਰਹਿਣਗੇ। 15,16, 17 ਸਤੰਬਰ ਨੂੰ ਛੱਤੀਸਗੜ੍ਹ ’ਚ, ਮੱਧ ਮਹਾਰਾਸ਼ਟਰ ’ਚ ਅੱਜ, ਆਸਾਮ ਅਤੇ ਮੇਘਾਲਿਆ ’ਚ 13 ਅਤੇ 14 ਸਤੰਬਰ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਝਾਰਖੰਡ, ਬਿਹਾਰ ਅਤੇ ਓਡੀਸ਼ਾ ਵਿੱਚ 15 ਸਤੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋਵੇਗੀ। ਮਾਨਸੂਨ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਸਰਕਾਰ ਨੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹਿੰਦੂਸਥਾਨ ਸਮਾਚਾਰ