New Delhi: ਕਾਂਗਰਸ ਦੇ ਖਜ਼ਾਨਚੀ ਅਜੈ ਮਾਕਨ ਨੇ ਬੁੱਧਵਾਰ ਨੂੰ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖਿਲਾਫ ਹਿੰਸਕ ਬਿਆਨ ਦੇਣ ਲਈ ਭਾਜਪਾ ਨੇਤਾ ਤਰਵਿੰਦਰ ਸਿੰਘ ਮਰਵਾਹ, ਰਘੂਰਾਜ ਸਿੰਘ, ਰਵਨੀਤ ਬਿੱਟੂ (ਰੇਲਵੇ ਰਾਜ ਮੰਤਰੀ) ਅਤੇ ਸ਼ਿਵ ਸੈਨਾ-ਸ਼ਿੰਦੇ ਦੇ ਵਿਧਾਇਕ ਸੰਜੇ ਗਾਇਕਵਾੜ ਦੇ ਖਿਲਾਫ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ।
ਤੁਗਲਕ ਰੋਡ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਅਜੈ ਮਾਕਨ ਨੇ ਕਿਹਾ ਹੈ ਕਿ ਇਨ੍ਹਾਂ ਆਗੂਆਂ ਵੱਲੋਂ ਦਿੱਤੇ ਗਏ ਬਿਆਨ ਅਪਰਾਧਿਕ ਹਨ ਅਤੇ ਕਾਂਗਰਸ ਪਾਰਟੀ ਅਤੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤ ਫੈਲਾਉਣ ਵਾਲੇ ਹਨ। ਇਹ ਸਭ ਕੁਝ ਭਾਜਪਾ ਅਤੇ ਐਨਡੀਏ ਆਗੂਆਂ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਇਹ ਸੋਚੀ ਸਮਝੀ ਸਾਜ਼ਿਸ਼ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਆਗੂਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 351, 352, 353 ਅਤੇ 61 ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ।
ਇਸਦੇ ਨਾਲ ਹੀ ਅੱਜ ਕਾਂਗਰਸ ਨੇ ਦੇਸ਼ ਵਿੱਚ ਵੱਖ-ਵੱਖ ਥਾਵਾਂ ’ਤੇ ਭਾਜਪਾ ਅਤੇ ਐਨਡੀਏ ਆਗੂਆਂ ਦੇ ਬਿਆਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦਿੱਲੀ ਪ੍ਰਦੇਸ਼ ਕਾਂਗਰਸ ਨੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਭਾਰਤੀ ਯੂਥ ਕਾਂਗਰਸ ਦੇ ਮੈਂਬਰਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਿੱਤੇ ਬਿਆਨਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਹੋਰ ਆਗੂਆਂ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।
ਹਿੰਦੂਸਥਾਨ ਸਮਾਚਾਰ