Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ 27 ਸਤੰਬਰ ਤੋਂ ਲੋਕਾਂ ਲਈ ਮੁੜ੍ਹ ਤੋਂ ਅਣਮਿੱਥੇ ਸਮੇਂ ਲਈ ਮੁਫ਼ਤ ਹੋ ਗਿਆ ਹੈ। ਲੋਕਾਂ ਨੂੰ ਇਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਬੀਤੇ ਦਿਨ ਹੋਈ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।
ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।
ਦਸ ਦਇਏ ਕਿ ਮੁਲਾਜ਼ਮਾਂ ਵੱਲੋਂ ਹੜਤਾਲ ’ਤੇ ਜਾਣ ਦੇ ਐਲਾਨ ਤੋਂ ਬਾਅਦ ਕੰਪਨੀ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੀਟਿੰਗ ਕਰਨ ਦੀ ਵੀ ਖਬਰ ਹੈ।
ਦੂਜੇ ਪਾਸੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੇ ਕਿਹਾ ਹੈ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਇਹ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।