Punjab News: ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਭਲਕੇ ਤੋਂ ਨਾਮਜ਼ਦਗੀ (Nominations)ਪੱਤਰ ਦਾਖ਼ਲ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰਾਂ ਨੇ ਬੀਤੇ ਦਿਨ ਚੋਣਾਂ ਦੀ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ। ਸੂਬੇ ਵਿਚ ਸਰਪੰਚਾਂ ਦੇ ਰਾਖਵੇਂਕਰਨ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਸਾਰੇ ਜ਼ਿਲ੍ਹਿਆਂ ਵਿਚ ਨੋਟੀਫ਼ਿਕੇਸ਼ਨ ਜਾਰੀ ਹੋ ਗਏ ਹਨ। ਡਿਪਟੀ ਕਮਿਸ਼ਨਰਾਂ ਵੱਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ।
ਪੰਜਾਬ ਸੂਬੇ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਵਾਲਾ 99 ਪੰਨਿਆਂ ਦਾ ਕਿਤਾਬਚਾ ਜਾਰੀ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 4 ਅਕਤੂਬਰ ਤੱਕ ਚੱਲੇਗੀ। ਪੰਜਾਬ ਦੀਆਂ 13,237 ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਹਨ ਜਿਨ੍ਹਾਂ ’ਚੋਂ 13,237 ਸਰਪੰਚ ਅਤੇ 84,437 ਪੰਚ ਚੁਣੇ ਜਾਣਗੇ। ਵੋਟਾਂ ਲਈ 19,110 ਪੋਲਿੰਗ ਬੂਥ ਬਣਾਏ ਜਾਣਗੇ।
ਪੰਚਾਇਤ ਚੋਣਾਂ ਲਈ ਐੱਸਡੀਐੱਮਜ਼ (SDMs) ਨੂੰ ਨੋਡਲ ਅਫ਼ਸਰ ਲਗਾਇਆ ਹੈ, ਜਿਨ੍ਹਾਂ ਨਾਮਜ਼ਦਗੀ ਪੱਤਰ ਲੈਣ ਲਈ ਸਬੰਧਤ ਸਥਾਨ ਵੀ ਨਿਸ਼ਚਿਤ ਕਰ ਦਿੱਤੇ ਹਨ। ਹਰ ਬਲਾਕ ਲਈ ਵੱਖਰਾ ਸਥਾਨ ਹੋਵੇਗਾ ਜਿੱਥੇ ਰਿਟਰਨਿੰਗ ਅਫ਼ਸਰ ਮੌਜੂਦ ਰਹਿਣਗੇ। ਚੋਣਾਂ ਲੜਨ ਦੇ ਚਾਹਵਾਨਾਂ ਵੱਲੋਂ ਸਿਆਸੀ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ ਅਤੇ ਉਹ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਲੈਣ ਲਈ ਭੱਜ-ਨੱਠ ਵਿਚ ਪੈ ਗਏ ਹਨ।
ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਮੀਦਵਾਰਾਂ ਨੂੰ ਆਪਣੀ ਸੰਪਤੀ ਅਤੇ ਆਮਦਨ ਦੇ ਵੇਰਵੇ ਵੀ ਜਨਤਕ ਕਰਨੇ ਪੈਣਗੇ।