New Delhi: ਸੁਪਰੀਮ ਕੋਰਟ ਨੇ ਆਸਾਮ ਦੇ ਸੋਨਾਪੁਰ ਇਲਾਕੇ ‘ਚ ਚੱਲ ਰਹੀ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਅਸਾਮ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਦਿੱਤਾ।
ਆਸਾਮ ਦੇ ਸੋਨਾਪੁਰ ਦੇ 48 ਨਿਵਾਸੀਆਂ ਨੇ ਸੁਪਰੀਮ ਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ 17 ਸਤੰਬਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਉਨ੍ਹਾਂ ਦੇ ਮਕਾਨਾਂ ਨੂੰ ਢਾਹਿਆ ਜਾ ਰਿਹਾ ਹੈ। ਪਟੀਸ਼ਨਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ, ਜਿਸ ਅਨੁਸਾਰ ਉਨ੍ਹਾਂ ਨੂੰ ਕਬਜ਼ੇ ਲਈ ਜ਼ਿੰਮੇਵਾਰ ਠਹਿਰਾ ਕੇ ਕਾਰਵਾਈ ਨੂੰ ਜਾਇਜ਼ ਠਹਿਰਾਇਆ ਜਾ ਸਕੇ। ਪਟੀਸ਼ਨ ਵਿੱਚ ਬੁਲਡੋਜ਼ਰ ਦੀ ਕਾਰਵਾਈ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਕਾਰਵਾਈ ਦੀ ਵੀ ਮੰਗ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ 17 ਸਤੰਬਰ ਨੂੰ ਆਪਣੇ ਹੁਕਮਾਂ ਵਿੱਚ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਵਰਤੇ ਜਾ ਰਹੇ ‘ਬੁਲਡੋਜ਼ਰ ਜਸਟਿਸ’ ’ਤੇ ਰੋਕ ਲਗਾਉਂਦਿਆਂ ਵੱਖ-ਵੱਖ ਰਾਜਾਂ ਵਿੱਚ ਹੋ ਰਹੀ ਬੁਲਡੋਜ਼ਰ ਕਾਰਵਾਈ ’ਤੇ ਰੋਕ ਲਾਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਗਲੀ ਸੁਣਵਾਈ ਤੱਕ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਬੁਲਡੋਜ਼ਰ ਦੀ ਕਾਰਵਾਈ ਨਹੀਂ ਹੋਵੇਗੀ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਜਨਤਕ ਰੋਡ, ਫੁੱਟਪਾਥ ਅਤੇ ਰੇਲਵੇ ਲਾਈਨ ‘ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਹੈ ਤਾਂ ਉਸ ਨੂੰ ਹਟਾਇਆ ਜਾ ਸਕਦਾ ਹੈ। ਉਸਨੂੰ ਹਟਾਉਣ ‘ਤੇ ਕੋਈ ਰੋਕ ਨਹੀਂ ਹੈ।
ਹਿੰਦੂਸਥਾਨ ਸਮਾਚਾਰ