Batala News: ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਟੀਮਾਂ ਵੱਲੋਂ ਪਿੰਡ ਰਾਏਚੱਕ, ਖਹਿਰਾ ਸੁਲਤਾਨ, ਹਰੂਵਾਲ, ਅਗਵਾਨ, ਕਾਦੀਆਂ ਗੁਜਰਾਂ, ਪੱਡਾ, ਮੋਹਲੋਵਾਲੀ ਅਤੇ ਮਲੂਕਵਾਲੀ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲਕੇ ਪਰਾਲੀ ਦੀ ਸੰਭਾਲ ਅਤੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਪੈਂਫਲਿਟ ਤੇ ਪੋਸਟਰ ਵੰਡੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ 1800-180-1852 ‘ ਤੇ ਫੋਨ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ