New Delhi: ਸੁਪਰੀਮ ਕੋਰਟ ਨੇ ਅਧਿਆਤਮਕ ਗੁਰੂ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਦੀ ਜਾਂਚ ਦੇ ਮਦਰਾਸ ਹਾਈ ਕੋਰਟ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਵਾਲੇ ਬੈਂਚ ਨੇ ਵੀਰਵਾਰ ਨੂੰ ਇਹ ਹੁਕਮ ਜਾਰੀ ਕੀਤਾ ਹੈ।
ਮਦਰਾਸ ਹਾਈ ਕੋਰਟ ਨੇ ਆਪਣੇ ਇੱਕ ਹੁਕਮ ਵਿੱਚ ਤਾਮਿਲਨਾਡੂ ਸਰਕਾਰ ਨੂੰ ਈਸ਼ਾ ਫਾਊਂਡੇਸ਼ਨ ਖ਼ਿਲਾਫ਼ ਦਰਜ ਸਾਰੇ ਅਪਰਾਧਿਕ ਮਾਮਲਿਆਂ ਦੇ ਵੇਰਵੇ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਰਅਸਲ ਅੱਜ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਮਦਰਾਸ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਰੋਹਤਗੀ ਨੇ ਕਿਹਾ ਕਿ ਇਹ ਧਾਰਮਿਕ ਆਜ਼ਾਦੀ ਦੇ ਮੁੱਦੇ ਹਨ। ਈਸ਼ਾ ਫਾਊਂਡੇਸ਼ਨ ਦੇ ਸਬੰਧ ਵਿਚ ਇਹ ਬਹੁਤ ਮਹੱਤਵਪੂਰਨ ਅਤੇ ਗੰਭੀਰ ਮਾਮਲਾ ਹੈ। ਸਤਿਗੁਰੂ ਦੇ ਲੱਖਾਂ ਪੈਰੋਕਾਰ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਜ਼ੁਬਾਨੀ ਬਿਆਨਾਂ ‘ਤੇ ਅਜਿਹੀ ਜਾਂਚ ਸ਼ੁਰੂ ਨਹੀਂ ਕਰ ਸਕਦੀ।