Haryana News: ਅਸ਼ੋਕ ਤੰਵਰ ਦੀ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਘਰ ਵਾਪਸੀ ਹੋ ਗਈ ਹੈ। ਵੀਰਵਾਰ (3 ਅਕਤੂਬਰ) ਨੂੰ ਉਹ ਭਾਜਪਾ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਭਾਜਪਾ ਦੀ ਖਿੱਚੋਤਾਣ ਵਧਾ ਦਿੱਤੀ ਹੈ।
ਦਰਅਸਲ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਪ੍ਰਚਾਰ ਦਾ ਅੱਜ ਆਖਰੀ ਮੌਕਾ ਦਿਨ ਹੈ। ਸ਼ਾਮ 6 ਵਜੇ ਤੋਂ ਬਾਅਦ ਪ੍ਰਚਾਰ ਬੰਦ ਹੋ ਜਾਵੇਗਾ। ਅਜਿਹੇ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਆਪੋ-ਆਪਣੇ ਉਮੀਦਵਾਰਾਂ ਲਈ ਵੋਟਾਂ ਦੀ ਅਪੀਲ ਕਰ ਰਹੇ ਹਨ। ਅਸ਼ੋਕ ਤੰਵਰ ਵੀ ਭਾਜਪਾ ਲਈ ਲਗਾਤਾਰ ਪ੍ਰਚਾਰ ਕਰ ਰਹੇ ਸਨ। ਬੀਤੇ ਦਿਨ ਉਨ੍ਹਾਂ ਨੇ ਨਲਵਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਣਧੀਰ ਪਨਿਹਾਰ ਦੇ ਹੱਕ ਵਿੱਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅਸ਼ੋਕ ਤੰਵਰ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਸੀ “ਰਣਧੀਰ ਜੀ ਭਾਰੀ ਵੋਟਾਂ ਨਾਲ ਜਿਤਾਉਣਗੇ ਅਤੇ ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ”।
ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਉਸ ਪੋਸਟ ਨੂੰ ਹਟਾ ਦਿੱਤਾ, ਜਿਸ ‘ਚ ਉਨ੍ਹਾਂ ਨੇ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਸੀ।
ਦਸ ਦਇਏ ਕਿ ਅਸ਼ੋਕ ਤੰਵਰ ਇਸ ਸਾਲ ਦੀ ਸ਼ੁਰੂਆਤ ‘ਚ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਸਿਰਸਾ ਤੋਂ ਕੁਮਾਰੀ ਸ਼ੈਲਜਾ ਦੇ ਖਿਲਾਫ ਭਾਜਪਾ ਦੀ ਟਿਕਟ ‘ਤੇ ਲੜੀਆਂ ਸਨ। ਤੰਵਰ ਨੇ ਸੀਨੀਅਰ ਕਾਂਗਰਸੀ ਆਗੂ ਭੂਪੇਂਦਰ ਸਿੰਘ ਹੁੱਡਾ ਨਾਲ ਮਤਭੇਦਾਂ ਤੋਂ ਬਾਅਦ 2019 ਵਿੱਚ ਪਾਰਟੀ ਛੱਡ ਦਿੱਤੀ ਸੀ। ਦੱਸ ਦਈਏ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।