Bathinda News: ਬਠਿੰਡਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਕੌਮੀ ਝੰਡੇ ਦਾ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਭਾਰਤ ਨਗਰ ਨੇੜੇ ਸੜਕ ਕਿਨਾਰੇ ਦਰੱਖਤ ‘ਤੇ ਟੰਗ ਕੇ ਰਾਸ਼ਟਰੀ ਝੰਡੇ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ।
ਸ਼ੁੱਕਰਵਾਰ ਦੇਰ ਰਾਤ ਵਾਪਰੀ ਘਟਨਾ ਨੂੰ ਇਕ ਰਾਹਗੀਰ ਨੇ ਦੇਖਿਆ ਅਤੇ ਤੁਰੰਤ ਰਾਸ਼ਟਰੀ ਝੰਡੇ ‘ਤੇ ਪਾਣੀ ਪਾ ਕੇ ਅੱਗ ਬੁਝਾਈ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਅਤੇ ਡੀਐਸਪੀ ਸਿਟੀ ਦੋ ਸਰਬਜੀਤ ਸਿੰਘ ਬਰਾੜ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਿਸਦੇ ਬਾਅਦ ਥਾਣਾ ਕੈਂਟ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 152 ਬੀ.ਐਨ.ਐਸ., ਧਾਰਾ 2 ਪ੍ਰੀਵੈਨਸ਼ਨ ਆਫ ਇਨਸਲਟ ਟੂ ਨੈਸ਼ਨਲ ਆਨਰ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਵਿੱਚ ਸ਼ਨੀਵਾਰ ਨੂੰ ਪੁਲਸ ਟੀਮ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਪੁਲਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਕਿਹਾ ਕਿ ਬੀਤੀ ਰਾਤ ਸਥਾਨਕ ਭਾਰਤ ਨਗਰ ਚੌਕ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਤਿਰੰਗੇ ਝੰਡੇ ਨੂੰ ਅੱਗ ਲਗਾ ਦਿੱਤੀ ਸੀ। ਇਸ ਸਬੰਧੀ ਕਿਸੇ ਰਾਹਗੀਰ ਨੇ ਫੋਨ ਕਰਕੇ ਪੁਲਸ ਨੂੰ ਸੂਚਿਤ ਕੀਤਾ। ਡੀਐਸਪੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ।
ਇਸ ਤੋਂ ਇਲਾਵਾ ਵੱਖ-ਵੱਖ ਖੁਫੀਆ ਸੂਤਰਾਂ ਰਾਹੀਂ ਉਕਤ ਸ਼ਰਾਰਤੀ ਅਨਸਰਾਂ ਦੀ ਪੈੜ ਨੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਿਸ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ।