Guwahati News: ਆਸਾਮ ਦੇ ਚਾਰ ਜ਼ਿਲ੍ਹਿਆਂ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਅਧਿਕਾਰ ਕਾਨੂੰਨ (ਅਫਸਪਾ) ਦੀ ਮਿਆਦ ਅਗਲੇ ਛੇ ਮਹੀਨਿਆਂ ਲਈ ਵਧਾ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਅੱਪਰ ਅਸਾਮ ਦੇ ਸ਼ਿਵਸਾਗਰ, ਚਰਾਈਦੇਓ, ਡਿਬਰੂਗੜ੍ਹ ਅਤੇ ਤਿਨਸੁਕੀਆ ਜ਼ਿਲ੍ਹਿਆਂ ਵਿੱਚ ਮਿਆਦ ਵਧਾਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਆਸਾਮ ਵਿੱਚ ਕੱਟੜਪੰਥੀ ਗਤੀਵਿਧੀਆਂ ਦੇ ਮੱਦੇਨਜ਼ਰ 1990 ਵਿੱਚ ਅਫਸਪਾ ਲਾਗੂ ਕੀਤਾ ਗਿਆ ਸੀ। ਇਸ ਕਾਨੂੰਨ ਨੂੰ ਲਾਗੂ ਕਰਨ ਦਾ ਸ਼ੁਰੂ ਤੋਂ ਹੀ ਵਿਰੋਧ ਹੁੰਦਾ ਰਿਹਾ ਹੈ ਕਿਉਂਕਿ ਇਸ ਕਾਨੂੰਨ ਤਹਿਤ ਸੁਰੱਖਿਆ ਬਲਾਂ ਨੂੰ ਵਿਸ਼ੇਸ਼ ਅਧਿਕਾਰ ਪ੍ਰਾਪਤ ਹੋ ਜਾਂਦੇ ਹਨ। ਇਸ ਕਾਨੂੰਨ ਦੇ ਜ਼ਰੀਏ ਸੁਰੱਖਿਆ ਬਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਵਾਰੰਟ ਤੋਂ ਬਿਨਾਂ ਜਾਂ ਬਿਨਾਂ ਕੋਈ ਕਾਰਨ ਦੱਸੇ ਗ੍ਰਿਫਤਾਰ ਕਰ ਸਕਦੇ ਹਨ। ਇਸ ਨਾਲ ਸੁਰੱਖਿਆ ਬਲਾਂ ਨੂੰ ਕਿਸੇ ਵੀ ਥਾਂ ‘ਤੇ ਕਾਰਵਾਈ ਕਰਨ ਦੀ ਆਜ਼ਾਦੀ ਮਿਲ ਜਾਂਦੀ ਹੈ। ਹਾਲਾਂਕਿ ਸਮੇਂ ਦੇ ਨਾਲ ਇਸ ਕਾਨੂੰਨ ਦਾ ਦਾਇਰਾ ਹੌਲੀ-ਹੌਲੀ ਘਟਾਇਆ ਜਾਂਦਾ ਰਿਹਾ। ਰਾਜ ਵਿੱਚ ਸ਼ਾਂਤੀ ਦੀ ਸਥਾਪਨਾ ਦੇ ਨਾਲ, ਇਸਨੂੰ ਅੱਪਰ ਅਸਾਮ ਦੇ ਚਾਰ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਰਾਜ ਵਿੱਚੋਂ ਹਟਾ ਦਿੱਤਾ ਗਿਆ।
ਕੇਂਦਰੀ ਗ੍ਰਹਿ ਮੰਤਰਾਲਾ ਇਨ੍ਹਾਂ ਚਾਰ ਜ਼ਿਲ੍ਹਿਆਂ ਤੋਂ ਵੀ ਅਫਸਪਾ ਹਟਾਉਣ ਦੀਆਂ ਸੰਭਾਵਨਾਵਾਂ ਤਲਾਸ਼ ਰਿਹਾ ਸੀ ਪਰ ਪਿਛਲੇ ਸਮੇਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿਚ ਪੈਦਾ ਹੋਏ ਸੁਰੱਖਿਆ ਸੰਕਟ ਅਤੇ ਖੁਫੀਆ ਸੂਤਰਾਂ ਤੋਂ ਮਿਲੀ ਗੁਪਤ ਸੂਚਨਾ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਅਗਲੇ 6 ਮਹੀਨਿਆਂ ਲਈ ਅਫਸਪਾ ਵਧਾਉਣ ਦਾ ਫੈਸਲਾ ਲੈਣਾ ਪਿਆ। ਬੰਗਲਾਦੇਸ਼ ਵਿੱਚ ਮੌਜੂਦਾ ਹਾਲਾਤ ਵਿੱਚ ਭਾਰਤ ਪ੍ਰਤੀ ਨਫ਼ਰਤ ਭਰੀਆਂ ਕਾਰਵਾਈਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਇਸ ਕਾਨੂੰਨ ਨੂੰ ਬਰਕਰਾਰ ਰੱਖਿਆ। ——–
ਹਿੰਦੂਸਥਾਨ ਸਮਾਚਾਰ