Patiala News: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ਨਾਲੋ-ਨਾਲ ਕਰਵਾਉਣ ਲਈ ਏ.ਡੀ.ਸੀ. (ਜ) ਇਸ਼ਾ ਸਿੰਗਲ, ਸਮੂਹ ਐਸ.ਡੀ.ਐਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖੇਤੀਬਾੜੀ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦੀ ਜਾ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਲਿਫਟਿੰਗ ‘ਚ ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ।
ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀਆਂ ਨੂੰ ਫੀਲਡ ‘ਚ ਜਾ ਕੇ ਖ਼ੁਦ ਚੈਕਿੰਗ ਕਰਨ ਦੇ ਵੀ ਆਦੇਸ਼ ਦਿੱਤੇ ਤੇ ਕਿਹਾ ਕਿ ਖਰੀਦੇ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇ ਤਾਂ ਕਿ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਨਾ ਆਵੇ ਪਰੰਤੂ ਜੇਕਰ ਕੋਈ ਦਿੱਕਤ ਪੈਦਾ ਕਰੇ ਤਾਂ ਉਸ ਨਾਲ ਸਖ਼ਤੀ ਵਰਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਨਿਰਦੇਸ਼ ਦਿੱਤੇ ਕਿ ਮੰਡੀਆਂ ‘ਚੋਂ ਟਰੱਕਾਂ ‘ਚ ਭਰੀਆਂ ਗਈਆਂ ਬੋਰੀਆਂ ਨੂੰ ਗੋਦਾਮਾਂ ਵਿੱਚ ਲਿਜਾ ਕੇ ਤੁਰੰਤ ਉਤਾਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਪਈਆਂ ਨਾ ਰਹਿਣ ਤੇ ਉਨ੍ਹਾਂ ਨੂੰ ਨਾਲੋ-ਨਾਲ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ, ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ ‘ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਆਦੇਸ਼ ਦਿੱਤੇ ਕਿ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ ਆਦਿ ਵਿਭਾਗ ਸਬੰਧਤ ਐਸ.ਡੀ.ਐਮ ਤੇ ਡੀ.ਐਸ.ਪੀਜ਼ ਨਾਲ ਤਾਲਮੇਲ ਕਰਦੇ ਹੋਏ ਆਪਣਾ ਕੰਮ ਨਿਪਟਾਉਣ ਤਾਂ ਕਿ ਸਾਡੇ ਕਿਸਾਨਾਂ ਨੂੰ ਮੰਡੀਆਂ ‘ਚ ਘੱਟ ਤੋਂ ਘੱਟ ਸਮੇਂ ਲਈ ਰੁਕਣਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ।
ਹਿੰਦੂਸਥਾਨ ਸਮਾਚਾਰ