Jammu Kashmir News: ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਐਤਵਾਰ ਦੇਰ ਰਾਤ ਇੱਕ ਆਦੇਸ਼ ਜਾਰੀ ਕੀਤਾ ਅਤੇ ਇਸ ਸਬੰਧ ਵਿੱਚ 31 ਅਕਤੂਬਰ, 2019 ਦੇ ਆਪਣੇ ਪਹਿਲੇ ਆਦੇਸ਼ ਨੂੰ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਜੰਮੂ-ਕਸ਼ਮੀਰ ਵਿੱਚ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਆਦੇਸ਼ ਵਿੱਚ ਕਿਹਾ, “ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 54 ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਸਬੰਧ ਵਿੱਚ 31 ਅਕਤੂਬਰ, 2019 ਦਾ ਆਦੇਸ਼, ਮੁੱਖ ਮੰਤਰੀ ਦੀ ਨਿਯੁਕਤੀ ਤੋਂ ਤੁਰੰਤ ਪਹਿਲਾਂ ਰੱਦ ਕਰ ਦਿੱਤਾ ਜਾਵੇਗਾ।” 13 ਅਕਤੂਬਰ, 2024 ਦੇ ਤਾਜ਼ਾ ਆਦੇਸ਼ ਨੇ ਕੇਂਦਰ ਦੇ 5 ਸਾਲ ਪੁਰਾਣੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਹੁਕਮ ਦੇ ਲਾਗੂ ਹੋਣ ਨਾਲ ਹੀ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੂੰ ਆਉਂਦੇ ਹਫ਼ਤੇ ਸਹੁੰ ਚੁੱਕਣ ਦੀ ਅਧਿਕਾਰਤ ਮਨਜ਼ੂਰੀ ਮਿਲ ਗਈ ਹੈ।
ਜ਼ਿਕਰਯੋਗ ਹੈ ਕਿ 05 ਅਗਸਤ 2019 ਨੂੰ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ 31 ਅਕਤੂਬਰ 2019 ਨੂੰ ਜੰਮੂ-ਕਸ਼ਮੀਰ ‘ਚ ਕੇਂਦਰੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਸੀ। ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਨੂੰ ਸੰਸਦ ਵੱਲੋਂ 05 ਅਗਸਤ 2019 ਨੂੰ ਪਾਸ ਕੀਤਾ ਗਿਆ ਸੀ। ਉਸੇ ਦਿਨ ਰਾਜ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ – ਜੰਮੂ-ਕਸ਼ਮੀਰ ਅਤੇ ਲੱਦਾਖ। ਦੋਵਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਜੋਂ ਨਾਮਜ਼ਦ ਕੀਤਾ ਗਿਆ ਸੀ। ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਦਿਆਂ ਇਸ ਖੇਤਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ