Punjab Panchayat Election:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੁਣਵਾਈ ਹੈ। ਦਸ ਦਇਏ ਕਿ ਹਾਈਕੋਰਟ ਵਿੱਚ ਅੱਜ 700 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਵੀ ਸੁਣਵਾਈ ਹੋਵੇਗੀ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 250 ਪਿੰਡਾਂ ਦੀਆਂ ਰੱਦ ਕੀਤੀਆਂ ਚੋਣਾਂ ਸਬੰਧੀ 16 ਅਕਤੂਬਰ ਦੀ ਬਜ਼ਾਏ 14 ਅਕਤੂਬਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
15 ਅਕਤੂਬਰ ਨੂੰ ਪੰਚਾਇਤਤੀ ਚੋਣਾਂ ਲਈ ਵੋਟਿੰਗ
ਪੰਜਾਬ ਵਿੱਚ 15 ਅਕਤੂਬਰ ਯਾਨੀ ਕਿ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਕਿਸੇ ਵੀ ਪਾਰਟੀ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਹੋਣਗੀਾੰ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਇਸ ਸਮੇਂ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।