Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ 14 ਅਕਤੂਬਰ ਸੋਮਵਾਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦਿਆਂ ਬਾਰੇ ਗੱਲਬਾਤ ਕਰਨਗੇ।
ਸੀਐਮ ਮਾਨ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।
ਦਸਣਯੋਗ ਹੈ ਕਿ ਸੀੈਮ ਮਾਨ ਨੇ ਬੀਤੇ ਸ਼ਨੀਵਾਰ ਨੂੰ ਝੋਨੇ ਦੀ ਖਰੀਦ ਕਿੱਨੀ ਹੋਈ ਹੈ। ਇਸ ਬਾਰੇ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਸੀ। ਜਿਸ ਮੁਤਾਬਕ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ ਅਤੇ 98 ਫੀਸਦੀ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਵਿਭਾਗ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਹਨ।