Nawanshahr News: ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਕਰਮੀਆ ਦੀ ਯਾਦ ਵਿਚ 21 ਅਕਤੂਬਰ, ਦਿਨ ਸੋਮਵਾਰ ਨੂੰ ਸਵੇਰੇ 7.30 ਵਜੇ ਆਈ.ਟੀ.ਆਈ ਗਰਾਊਂਂਡ, ਨਵਾਂਸ਼ਹਿਰ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਜਾਵੇਗਾ। ਇਸ ਸਮਾਗਮ ਵਿਚ ਜ਼ਿਲ੍ਹਾ ਪੁਲਿਸ ਦੇ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਸੂਬੇ ਦੀ ਸੁਰੱਖਿਆ ਲਈ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਜਾਣਕਾਰੀ ਦਿੰਦਿਆਂ ਐਸ.ਪੀ (ਸਥਾਨਿਕ) ਸੋਹਨ ਲਾਲ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਕਰਨਗੇ।
ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਜਿਥੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸੋਗ ਸਲਾਮੀ ਦਿੱਤੀ ਜਾਵੇਗੀ, ਉਥੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਸਮੇਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਹਰੇਕ ਸਾਲ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਪੰਜਾਬ ਪੁਲਿਸ ਦੇ ਉਨ੍ਹਾਂ ਬਹਾਦਰ ਯੋਧਿਆਂ ਤੋਂ ਹੋਰਨਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਨਾ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਇਸ ਦਿਵਸ ਮੌਕੇ ਜ਼ਿਲ੍ਹੇ ਦੀ ਸਮੁੱਚੀ ਪੁਲਿਸ ਵੱਲੋਂ ਇਹ ਪ੍ਰਣ ਲਿਆ ਜਾਵੇਗਾ ਕਿ ਸ਼ਹੀਦ ਕਰਮਚਾਰੀਆ ਦੀਆਂ ਕੁਰਬਾਨੀਆਂ ਦੇ ਰਾਹ ‘ਤੇ ਚੱਲਦੇ ਹੋਏ ਦੇਸ਼ ਦੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ